editor@sikharchives.org

ਚੜ੍ਹਦੀ ਕਲਾ ਦਾ ਪ੍ਰਤੀਕ – ਹੋਲਾ ਮਹੱਲਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੋਲੀ ਮਨਾਉਣ ਦੇ ਪ੍ਰੰਪਰਾਗਤ ਤਰੀਕਿਆਂ ਤੋਂ ਹਟ ਕੇ ਹੋਲਾ-ਮਹੱਲਾ ਵਿਲੱਖਣ ਰੂਪ 'ਚ ਮਨਾਉਣ ਦੀ ਰਵਾਇਤ ਅਰੰਭ ਕੀਤੀ ਅਤੇ ਇਸ ਤਿਉਹਾਰ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਨਵੇਂ ਅਰਥ ਦਿੱਤੇ ਤੇ ਨਵੇਂ ਢੰਗ-ਤਰੀਕੇ ਅਪਣਾਏ।
ਬੁੱਕਮਾਰਕ ਕਰੋ (0)
Please login to bookmarkClose

No account yet? Register

ਪੜਨ ਦਾ ਸਮਾਂ: 1 ਮਿੰਟ

ਭਾਰਤ ਤਿਉਹਾਰਾਂ ਦਾ ਦੇਸ਼ ਹੈ ਅਤੇ ਖਾਲਸਾ ਪੰਥ ਇਨ੍ਹਾਂ ਵਿੱਚੋਂ ਕਈ ਤਿਉਹਾਰਾਂ ਨੂੰ ਆਪਣੀ ਪਛਾਣ ਨਾਲ ਜੋੜ ਕੇ ਨਿਵੇਕਲੇ ਢੰਗ ਨਾਲ ਮਨਾਉਂਦਾ ਹੈ ਜਿਵੇਂ ‘ਹੋਲੀ’ ਦੀ ਥਾਂ ਖਾਲਸਾ ਪੰਥ ‘ਹੋਲਾ ਮਹੱਲਾ’ ਅਤੇ ਦੀਵਾਲੀ ਦੀ ਥਾਂ ਬੰਦੀ ਛੋੜ ਦਿਵਸ ਮਨਾਉਂਦਾ ਹੈ। ਹੋਲੇ ਮਹੱਲੇ ਦਾ ਅਰੰਭ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਗੜ੍ਹ ਦੇ ਸਥਾਨ ‘ਤੇ ਕੀਤਾ। ਹੋਲਾ ਮਹੱਲਾ ਮਨਾਉਣ ਦਾ ਮੰਤਵ ਗੁਰਸਿੱਖਾਂ ਅੰਦਰ ‘ਫਤਹਿ’ ਦੇ ਅਨੁਭਵ ਨੂੰ ਹੋਰ ਦ੍ਰਿੜ੍ਹ ਕਰਨਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਦੇਸ਼ ਦੀ ਜਨਤਾ ਖਾਸ ਕਰਕੇ ਗੁਰੂ ਨਾਨਕ ਨਾਮ-ਲੇਵਾ ਸਿੱਖ ਸੰਗਤਾਂ ਵਿਚ ਨਵਾਂ ਉਤਸ਼ਾਹ, ਨਿਡਰਤਾ ਅਤੇ ਨਿਰਭੈਤਾ ਭਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਵੇਂ ਆਦੇਸ਼ ਜਾਰੀ ਕੀਤੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੋਲੀ ਮਨਾਉਣ ਦੇ ਪ੍ਰੰਪਰਾਗਤ ਤਰੀਕਿਆਂ ਤੋਂ ਹਟ ਕੇ ਹੋਲਾ-ਮਹੱਲਾ ਵਿਲੱਖਣ ਰੂਪ ‘ਚ ਮਨਾਉਣ ਦੀ ਰਵਾਇਤ ਅਰੰਭ ਕੀਤੀ ਅਤੇ ਇਸ ਤਿਉਹਾਰ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਨਵੇਂ ਅਰਥ ਦਿੱਤੇ ਤੇ ਨਵੇਂ ਢੰਗ-ਤਰੀਕੇ ਅਪਣਾਏ।

ਮੌਸਮੀ ਤਬੀਦਲੀ ਦੇ ਪੱਖ ਤੋਂ ਹੋਲੀ ਬਸੰਤ ਰੁੱਤ ਦੇ ਆਗਮਨ, ਖੇੜੇ ਤੇ ਖੁਸ਼ੀਆਂ ਦਾ ਤਿਉਹਾਰ ਹੋਣ ਕਰਕੇ ਵਿਸ਼ੇਸ਼ ਸਥਾਨ ਰੱਖਦੀ ਹੈ। ਪੱਤਝੜ ਤੋਂ ਬਾਅਦ ਬਸੰਤ ਰੁੱਤ ਆਉਂਦੀ ਹੈ ਅਤੇ ਸਾਰੇ ਪਾਸੇ ਖੇੜਾ ਹੀ ਖੇੜਾ ਹੁੰਦਾ ਹੈ। ਗੁਰੂ ਸਾਹਿਬਾਨ ਨੇ ਇਹ ਤਿਉਹਾਰ ਸਿਮਰਨ, ਸਤਿਸੰਗ ਤੇ ਸੇਵਾ ਵਿਚ ਜੁੜ ਕੇ ਹੀ ਮਨਾਉਣ ਦਾ ਉਪਦੇਸ਼ ਦਿੱਤਾ ਹੈ:

ਨਾਨਕ ਤਿਨਾ ਬਸੰਤੁ ਹੈ ਜਿਨ੍‍ ਘਰਿ ਵਸਿਆ ਕੰਤੁ॥
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ॥ (ਪੰਨਾ 791)

ਗੁਰੂ ਸਾਹਿਬ ਨੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਸੰਪੂਰਨ, ਸਿਖਿਆਦਾਇਕ ਤੇ ਉਸਾਰੂ ਬਣਾਉਣ ਦਾ ਯਤਨ ਕੀਤਾ ਹੈ। ਸ੍ਰੀ ਗੁਰੂ ਅਰਜਨ ਸਾਹਿਬ ਨੇ ਗੁਰਬਾਣੀ ਵਿਚ ਪ੍ਰਮਾਰਥ ਦੇ ਮਾਰਗ ਦੀ ਅਨੰਦਮਈ ਹੋਲੀ ਖੇਡਣ ਦੀ ਇਸ ਤਰ੍ਹਾਂ ਪ੍ਰੇਰਨਾ ਕੀਤੀ ਹੈ:

ਗੁਰੁ ਸੇਵਉ ਕਰਿ ਨਮਸਕਾਰ॥
ਆਜੁ ਹਮਾਰੈ ਮੰਗਲਚਾਰ॥
ਆਜੁ ਹਮਾਰੈ ਮਹਾ ਅਨੰਦ॥
ਚਿੰਤ ਲਥੀ ਭੇਟੇ ਗੋਬਿੰਦ ॥1॥
ਆਜੁ ਹਮਾਰੈ ਗ੍ਰਿਹਿ ਬਸੰਤ॥
ਗੁਨ ਗਾਏ ਪ੍ਰਭ ਤੁਮ੍‍ ਬੇਅੰਤ ॥1॥ਰਹਾਉ॥
ਆਜੁ ਹਮਾਰੈ ਬਨੇ ਫਾਗ॥
ਪ੍ਰਭ ਸੰਗੀ ਮਿਲਿ ਖੇਲਨ ਲਾਗ॥
ਹੋਲੀ ਕੀਨੀ ਸੰਤ ਸੇਵ॥
ਰੰਗੁ ਲਾਗਾ ਅਤਿ ਲਾਲ ਦੇਵ ॥2॥ (ਪੰਨਾ 1180)

ਹੋਲੇ ਮਹੱਲੇ ਦੇ ਤਿਉਹਾਰ ਦੇ ਮੰਤਵ ਤੇ ਉਦੇਸ਼ ਬੜੇ ਉਸਾਰੂ ਹਨ। ‘ਹੋਲਾ’ ਤੇ ‘ਮਹੱਲਾ’ ਦੋ ਸ਼ਬਦ ਹਨ। ‘ਹੋਲਾ’ ਅਰਬੀ ਭਾਸ਼ਾ ਤੇ ‘ਮਹੱਲਾ’ ਫਾਰਸੀ ਭਾਸ਼ਾ ਦਾ ਸ਼ਬਦ ਹੈ। ਹੋਲ, ਹੂਲ ਤੇ ਹੋਲਾ ਮਹੱਲਾ ਆਦਿ ਰਲਦੇ-ਮਿਲਦੇ ਸ਼ਬਦ ਹਨ। ਹੂਲ ਦੇ ਅਰਥ ਨੇਕ ਅਤੇ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਖੇਡਣਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਦਸਮੇਸ਼ ਪਿਤਾ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ ਲਈ, ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਉਨ੍ਹਾਂ ਨੂੰ ਸੂਰਬੀਰ ਯੋਧੇ ਬਣਾਉਣ ਲਈ ਖਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ ਪ੍ਰਚਲਿਤ ਕੀਤਾ ਅਤੇ ਅਜ਼ਾਦੀ ਪ੍ਰਾਪਤ ਕਰਨ, ਜੋਸ਼ ਪੈਦਾ ਕਰਨ ਲਈ ਕਲਗੀਧਰ ਦਸਮੇਸ਼ ਪਿਤਾ ਨੇ ਜਿਥੇ ਨਵਾਂ ਜੀਵਨ ਬਖਸ਼ਿਆ ਉਥੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ  ਰੀਤੀ-ਰਿਵਾਜ਼ਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਵਿਚ ਖਾਲਸਾ ਪੰਥ ਦੀ ਸਾਜਣਾ ਕਰ ਕੇ ਸਿੱਖ ਪੰਥ ਵਿਚ ਇਕ ਮਹਾਨ ਤੇ ਕ੍ਰਾਂਤੀਕਾਰੀ ਤਬਦੀਲੀ ਕੀਤੀ ਅਤੇ ਸਿੱਖ ਨੂੰ ਇਕ ਵੱਖਰੀ ਪਹਿਚਾਣ ਪ੍ਰਦਾਨ ਕੀਤੀ। ਗੁਰੂ ਜੀ ਨੇ ਇਸ ਕਾਇਮ ਕੀਤੀ ਜਥੇਬੰਦੀ ਵਿਚ ਦਲੇਰੀ ਅਤੇ ਜੁਰਅਤ ਭਰਨ ਲਈ ਉਨ੍ਹਾਂ ਵੱਲੋਂ ਮਨਾਏ ਜਾ ਰਹੇ ਤਿਉਹਾਰਾਂ ਨੂੰ ਮਨਾਉਣ ਦੇ ਰੰਗ- ਢੰਗ ਹੀ ਬਦਲ ਕੇ ਰੱਖ ਦਿੱਤੇ। ਹੋਲੀ ਮਨਾਉਣ ਸਮੇਂ ਜਿਥੇ ਲੋਕ ਇਕ ਦੂਜੇ ‘ਤੇ ਰੰਗ ਸੁੱਟ ਕੇ ਅਤੇ ਨਸ਼ੇ ਪੀ ਕੇ ਮਨੁੱਖੀ-ਸ਼ਕਤੀ ਨੂੰ ਨਸ਼ਟ ਕਰ ਰਹੇ ਸਨ, ਉਥੇ ਸਤਿਗੁਰ ਜੀ ਨੇ ਇਸ ਬੁਰਿਆਈ ਨੂੰ ਖਤਮ ਕਰਨ ਲਈ ‘ਹੋਲੀ’ ਨੂੰ ‘ਹੋਲੇ ਮਹੱਲੇ’ ਦਾ ਰੂਪ ਦੇ ਦਿੱਤਾ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖਾਲਸੇ ਨੂੰ ਯੁੱਧ-ਵਿੱਦਿਆ ਵਿਚ ਪ੍ਰਬੀਨ ਬਣਾਉਣਾ  ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਹੋਲੀ ਦੇ ਪਰੰਪਰਾਈ ਪੱਖ ਤੋਂ ਹਟ ਕੇ ਇਸ ਤਿਉਹਾਰ ਦਾ ਸੰਬੰਧ ਸੂਰਮਤਾਈ ਨਾਲ ਜੋੜਿਆ। ਮਹੱਲਾ ਇਕ ਪ੍ਰਕਾਰ ਦੀ ਮਸਨੂਈ ਲੜਾਈ ਹੈ, ਪੈਦਲ ਅਰ ਘੋੜ-ਸਵਾਰ ਸ਼ਸਤਰਧਾਰੀ ਸਿੰਘ ਦੋ ਜੱਥੇ ਬਣਾ ਕੇ ਇਕ ਨਿਯਤ ਕੀਤੀ ਹੋਈ ਹਮਲੇ ਦੀ ਥਾਂ ਉਤੇ ਹਮਲਾ ਕਰਦੇ ਹਨ ਅਤੇ ਅਨੇਕ ਪ੍ਰਕਾਰ ਦੇ ਕਰਤਬ ਦਿਖਾਉਂਦੇ ਹਨ। ਕਲਗੀਧਰ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਹਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ। ਜਿਹੜਾ ਦਲ ਜੇਤੂ ਹੁੰਦਾ ਉਸ ਨੂੰ ਦੀਵਾਨ ਵਿਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰ ਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਸ਼ਾਮਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ। ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲੇ-ਮਹੱਲੇ ਦੇ ਰੂਪ ਵਿਚ ਮਨਾਏ ਜਾਂਦੇ ਜੰਗਜ਼ੂ ਤਿਉਹਾਰ ‘ਤੇ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋ-ਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ‘ਚੋਂ ਨਿਕਲ ਕੇ ਇਸ ਉਤਸਵ ਵਿਚ ਧੜਾਧੜ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਲ ਹੋਏ। ਅਤਰ ਫੁਲੇਲ ਦੀਆਂ ਸੁਗੰਧੀਆਂ, ਰੰਗਾਂ ਦੀਆਂ ਫੁਹਾਰਾਂ ਤੇ ਬੇਅੰਤ ਇਕੱਠ ਦੀ ਸ਼ੋਭਾ ਨੇ ਭਾਈ ਨੰਦ ਲਾਲ ਜੀ ਵਰਗੇ ਮਹਾਨ ਵਿਦਵਾਨ ਚਿੰਤਕ ਨੂੰ ਵੀ ਪ੍ਰਭਾਵਿਤ ਕੀਤਾ। ਸਤਿਗੁਰਾਂ ਦੁਆਰਾ ਹੋਲੇ ਦੀ ਖੇਡ ਨੂੰ ਆਪਣੀ ਕਲਮ ਨਾਲ ਬਿਆਨ ਕਰਦਿਆਂ ਉਹ ਲਿਖਦੇ ਹਨ ਕਿ ਹੋਲੀ ਦੇ ਫੁੱਲ ਖਿੜਨ ਨਾਲ ਸਾਰਾ ਬਾਗ ਸੁਗੰਧੀ ਨਾਲ ਭਰ ਗਿਆ। ਪਾਤਸ਼ਾਹ ਦਾ ਮੁਖੜਾ ਕਲੀ ਦੀ ਤਰ੍ਹਾਂ ਖਿੜ ਗਿਆ। ਗੁਲਾਬ, ਅੰਬਰ, ਕਸਤੂਰੀ ਤੇ ਅੰਬੀਰ ਮੀਂਹ ਦੀ ਤਰ੍ਹਾਂ ਵਰਸਣ ਲੱਗੀ। ਕੇਸਰ ਦੀ ਪਿਚਕਾਰੀ ਨੇ ਸਭ ਚਿੱਟੇ ਚੋਲਿਆਂ ਨੂੰ ਰੰਗਾਂ ਨਾਲ ਭਰ ਦਿੱਤਾ। ਪਾਤਸ਼ਾਹ ਨੇ ਗੁਲਾਲ ਦੀ ਐਸੀ ਵਰਖਾ ਕੀਤੀ ਕਿ ਧਰਤੀ ਤੇ ਆਕਾਸ਼ ਸੂਹਾ ਹੋ ਗਿਆ। ਜਦੋਂ ਪਾਤਸ਼ਾਹ ਨੇ ਰੰਗਿਆ ਹੋਇਆ ਚੋਲਾ ਪਹਿਨਿਆ ਤਾਂ ਸਭ ਦੀ ਆਤਮਾ ਖਿੜ ਗਈ:

ਗੁਲਿ ਹੋਲੀ ਬਬਾਗ਼ਿ ਦਹਿਰ ਬੂ ਕਰਦ
ਲਬਿ ਚੂੰ ਗ਼ੁੰਚਾ ਰਾ ਫ਼ਰਖ਼ੰਦਾ ਖ਼ੂ ਕਰਦ।
ਗੁਲਾਬੋ ਅੰਬਰੋ ਮਸ਼ਕੋ ਅਬੇਰੀ
ਚੂ ਬਾਰਾਨਿ ਬਾਰਿਸ਼ ਅਜ਼ ਸੂ ਬਸੂ ਕਰਦ।
ਜ਼ਹੇ ਪਿਚਕਾਰੀਏ ਪੁਰ ਜ਼ੁਅਫ਼ਰਾਨੀ
ਕਿ ਹਰ ਬੇਰੰਗ ਰਾ ਖੁਸ਼ਰੰਗੋ ਬੂ ਕਰਦ।
ਗੁਲਾਲਿ ਅਫ਼ਸ਼ਾਨੀਇ ਦਸਤਿ ਮੁਬਾਰਿਕ
ਜ਼ਮੀਨੋ ਆਸਮਾਂ ਰਾ ਸੁਰਖ਼ਰੂ ਕਰਦ।
ਦੋ ਆਲਮ ਗਸ਼ਤ ਰੰਗੀਂ ਅਜ਼ ਤੁਫ਼ਲੈਸ਼
ਚੂ ਸ਼ਾਹਮ ਜਾਮਾ ਰੰਗੀਨ ਦਰ ਗੁਲੂ ਕਰਦ।

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਚਲਾਇਆ ਹੋਲਾ ਮਹੱਲਾ ਸ਼ਕਤੀ ਨੂੰ ਪ੍ਰਗਟ ਕਰਨ ਅਤੇ ਅਣਖ ਦੇ ਅਨੁਭਵ ਦਾ ਅਨੋਖਾ ਢੰਗ ਹੈ। ਇਹ ਖਾਲਸਾ ਪੰਥ ਲਈ ਸਵੈਮਾਨ, ਖਾਲਸੇ ਦੇ ਬੋਲ-ਬਾਲੇ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਹੋਲਾ ਮਹੱਲਾ ਸਿੱਖਾਂ ਨੂੰ ਹਰ ਸਾਲ ਦ੍ਰਿੜ੍ਹ-ਵਿਸ਼ਵਾਸੀ, ਪ੍ਰਭੂ-ਭਗਤੀ ਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ਾਂ, ਜ਼ੁਲਮ, ਜਬਰ, ਨਾਸਤਿਕਤਾ ਤੇ ਭ੍ਰਿਸ਼ਟਾਚਾਰ ਵਿਰੁੱਧ ਜੂਝਣ ਲਈ ਨਵਾਂ ਜੋਸ਼ ਤੇ ਉਤਸ਼ਾਹ ਪ੍ਰਦਾਨ ਕਰਦਾ ਹੈ। ਇਹ ਪਵਿੱਤਰ ਤਿਉਹਾਰ ਸਾਨੂੰ ਪ੍ਰੇਰਨਾ ਦਿੰਦਾ ਹੈ ਕਿ ਹੱਕ ਮੰਗਿਆਂ ਪ੍ਰਾਪਤ ਨਹੀਂ ਹੁੰਦੇ ਸਗੋਂ ਸ਼ਕਤੀ ਤੇ ਜ਼ੋਰ ਨਾਲ ਹੀ ਪ੍ਰਾਪਤ ਕੀਤੇ ਜਾ ਸਕਦੇ ਹਨ। ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਛੋਹ ਪ੍ਰਾਪਤ ਧਰਤੀ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਪਾਉਂਟਾ ਸਾਹਿਬ ਤੇ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਪੁੱਜ ਕੇ ਬੜੇ ਉਤਸ਼ਾਹ ਤੇ ਜੋਸ਼ ਨਾਲ ਇਹ ਪਵਿੱਤਰ ਤਿਉਹਾਰ ਮਨਾਉਂਦੀਆਂ ਹਨ। ਦੀਵਾਨ ਸਜਦੇ ਹਨ, ਨਿਹੰਗ ਸਿੰਘਾਂ ਦੇ ਜਥੇ ਤੇ ਖਾਲਸਾ ਪੰਥ ਦੀ ਫ਼ੌਜ ਦੇ ਹੋਰ ਦਸਤੇ ਰਲ-ਮਿਲ ਕੇ ਨਗਰ ਕੀਰਤਨ ਕੱਢਦੇ ਹਨ। ਘੋੜ ਸਵਾਰੀ ਤੇ ਗਤਕੇਬਾਜ਼ੀ ਦੇ ਜੰਗਜ਼ੂ ਕਰਤੱਵ ਦੇਖਣਯੋਗ ਹੁੰਦੇ ਹਨ। ਇਸ ਦੀ ਅਲੌਕਿਕ ਮਹਿਮਾ ਦਾ ਵਰਣਨ ‘ਕਹਿਬੇ ਕਉ ਸੋਭਾ ਨਹੀ’ ਅਨੁਸਾਰ ਕੇਵਲ ਕਥਨ ਕਰਨ ਨਾਲ ਹੀ ਨਹੀਂ ਸਗੋਂ ਅੱਖੀਂ ਦੇਖਣ ਨਾਲ ਪਤਾ ਲੱਗਦਾ ਹੈ। ਖਾਲਸਾ ਪੰਥ ਹੋਲੀ ਨਹੀਂ ਹੋਲਾ ਖੇਡਦਾ ਹੈ, ਮਹੱਲਾ ਕੱਢਦਾ ਹੈ। ਕਵੀ ਸੁਮੇਰ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਦੇਸ਼ਾਂ ਨੂੰ ਇਸ ਤਰ੍ਹਾਂ ਲਿਖਦੇ ਹਨ:

ਔਰਨ ਕੀ ਹੋਲੀ ਮਮ ਹੋਲਾ।
ਕਹਯੋ ਕ੍ਰਿਪਾਨਿਧ ਬਚਨ ਅਮੋਲਾ। (ਗੁਰ ਪਦ ਪ੍ਰੇਮ ਪ੍ਰਕਾਸ਼)

ਅਜੋਕੇ ਸਮੇਂ ਵਿਚ ਨਵੀਂ ਪੀੜ੍ਹੀ ਸ਼ਾਨਾਂ-ਮੱਤੇ ਇਤਿਹਾਸ, ਗੌਰਵਮਈ ਵਿਰਸੇ, ਜੰਗਾਂ-ਯੁੱਧਾਂ ਵਿਚ ਸ਼ਕਤੀ ਦਾ ਪ੍ਰਦਰਸ਼ਨ ਤੇ ਬੀਰ-ਰਸੀ ਰਵਾਇਤਾਂ ਨੂੰ ਭੁੱਲਦੀ ਜਾ ਰਹੀ ਹੈ ਅਤੇ ਸ਼ਸਤਰਾਂ ਪ੍ਰਤੀ ਪਿਆਰ ਵੀ ਘਟਦਾ ਜਾ ਰਿਹਾ ਹੈ। ਆਪਣੇ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ ਖਾਲਸਾ ਪੰਥ ਦੀ ਨਿਆਰੀ ਹੋਂਦ ਨੂੰ ਦਰਸਾਉਂਦਾ ਇਹ ਕੌਮੀ ਤਿਉਹਾਰ ਪ੍ਰੇਰਨਾ-ਸ੍ਰੋਤ ਹੈ। ਸਿੱਖ-ਜਗਤ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਫ਼ਰਜ਼ਾਂ ਦੀ ਪੂਰਤੀ ਕਰਦਿਆਂ ਅੰਮ੍ਰਿਤ-ਸੰਚਾਰ ਤੇ ਸਿੱਖ ਵਿਰਸਾ ਸੰਭਾਲ ਲਹਿਰ ਵੱਡੇ ਪੱਧਰ ‘ਤੇ ਚਲਾਈ ਜਾ ਰਹੀ ਹੈ ਜਿਸ ਨੂੰ ਸੰਗਤਾਂ ਵੱਲੋਂ ਬੜਾ ਵੱਡਾ ਹੁੰਗਾਰਾ ਮਿਲਿਆ ਹੈ। ਆਓ! ਹੋਲੇ ਮਹੱਲੇ ਦੇ ਇਸ ਇਤਿਹਾਸਕ ਮੌਕੇ ‘ਤੇ ਇਸ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਪ੍ਰਣ ਕਰੀਏ।

ਬੁੱਕਮਾਰਕ ਕਰੋ (0)
Please login to bookmarkClose

No account yet? Register

ਲੇਖਕ ਬਾਰੇ

ਪ੍ਰਧਾਨ -ਵਿਖੇ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ

ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

ਬੁੱਕਮਾਰਕ ਕਰੋ (0)
Please login to bookmarkClose

No account yet? Register

ਬੇਨਤੀ

ਲਗਦਾ ਹੈ ਕਿ ਤੁਹਾਨੂੰ ਇਹ ਲੇਖ ਪਸੰਦ ਹੈ।

ਸਿਖ ਆਰਕਾਇਵਜ਼ ਤੇ ਹਜ਼ਾਰਾਂ ਹੀ ਲੇਖ ਹਨ। ਕੀ ਤੁਸੀਂ ਜਾਣਦੇ ਹੋ ਕਿ ਆਪਣੀ ਪਸੰਦ ਦੇ ਲੇਖ ਕਿਸੇ ਹੋਰ ਨਾਲ ਸ਼ੇਅਰ ਜਾਂ ਬੁਕਮਾਰਕ ਕਰਕੇ ਦੁਬਾਰਾ ਪੜੵ ਸਕਦੇ ਹੋ?

ਧੰਨਵਾਦ

ਪਾਠਕਾਂ ਵਾਸਤੇ ਅਨੇਕ ਸਹੂਲਤਾਂ ਲਈ ਮੈਂਬਰ ਬਣੋ(ਮੁਫ਼ਤ)