editor@sikharchives.org

ਇਨਕਲਾਬੀ ਰਹਿਬਰ – ਗੁਰੂ ਗੋਬਿੰਦ ਸਿੰਘ ਜੀ

ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ-ਉਦੇਸ਼ 'ਸੱਚ' ਧਰਮ ਦੀ ਸਥਾਪਨਾ ਲਈ ਮਜ਼ਲੂਮਾਂ ਤੇ ਨਿਤਾਣਿਆਂ ਦੀ ਰਾਖੀ ਕਰਨਾ ਅਤੇ ਹਰ ਤਰ੍ਹਾਂ ਦੇ ਜਬਰ-ਜ਼ੁਲਮ ਦਾ ਟਾਕਰਾ ਕਰਨਾ ਸੀ
ਬੁੱਕਮਾਰਕ ਕਰੋ (0)

No account yet? Register

ਪੜਨ ਦਾ ਸਮਾਂ: 1 ਮਿੰਟ

ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਗੁਰੂ ਗੋਬਿੰਦ ਸਿੰਘ ਜੀ ਇਕ ਮਹਾਨ ਇਨਕਲਾਬੀ ਯੋਧੇ ਹੋਏ ਹਨ, ਜਿਨ੍ਹਾਂ ਨੇ ਸਦੀਆਂ ਤੋਂ ਜਬਰ-ਜ਼ੁਲਮ ਦੀਆਂ ਸੱਟਾਂ ਨਾਲ ਮਿੱਧੇ-ਮਧੋਲੇ ਹਿੰਦੁਸਤਾਨੀ ਸਮਾਜ ਵਿਚ ਨਵੀਂ ਰੂਹ ਫੂਕੀ ਅਤੇ ਲੋਕਾਂ ਦੇ ਮਨਾਂ ਵਿੱਚੋਂ ਹਕੂਮਤੀ ਜਬਰ ਦੇ ਸਹਿਮ ਨੂੰ ਦੂਰ ਕਰਨ ਲਈ ਹਥਿਆਰਬੰਦ ਖਾਲਸਾ-ਪੰਥ ਦੀ ਸਿਰਜਨਾ ਕੀਤੀ। ਉਨ੍ਹਾਂ ਨੇ ਹਿੰਦੁਸਤਾਨੀ ਲੋਕਾਂ ਦੀ ਸੁੱਤੀ ਹੋਈ ਆਤਮਾ ਨੂੰ ਹਲੂਣਿਆ ਅਤੇ ਇੱਜ਼ਤ-ਸਵੈਮਾਨ ਨਾਲ ਜ਼ਿੰਦਗੀ ਜੀਣ ਲਈ ਪ੍ਰੇਰਿਆ। ਗੁਰੂ ਜੀ ਨੂੰ ਇਕ ਪਾਸੇ ਕੱਟੜ ਮੁਗ਼ਲ ਹਕੂਮਤ ਅਤੇ ਦੂਜੇ ਪਾਸੇ ਬੋਦੀਆਂ ਧਾਰਮਿਕ ਪਰੰਪਰਾਵਾਂ ਦੀ ਧਾਰਨੀ ਸਨਾਤਨੀ ਜਮਾਤ ਦੇ ਨਾਲ-ਨਾਲ ਪਹਾੜੀ ਰਾਜਿਆਂ ਦੀ ਈਰਖਾ ਦਾ ਸੰਤਾਪ ਵੀ ਹੰਢਾਉਣਾ ਪਿਆ। ਇਨ੍ਹਾਂ ਸਮਾਜ-ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਨ ਲਈ ਗੁਰੂ ਜੀ ਨੂੰ ਜ਼ਿੰਦਗੀ ਭਰ ਸੰਘਰਸ਼ ਕਰਨਾ ਪਿਆ।

ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ-ਉਦੇਸ਼ ‘ਸੱਚ’ ਧਰਮ ਦੀ ਸਥਾਪਨਾ ਲਈ ਮਜ਼ਲੂਮਾਂ ਤੇ ਨਿਤਾਣਿਆਂ ਦੀ ਰਾਖੀ ਕਰਨਾ ਅਤੇ ਹਰ ਤਰ੍ਹਾਂ ਦੇ ਜਬਰ-ਜ਼ੁਲਮ ਦਾ ਟਾਕਰਾ ਕਰਨਾ ਸੀ ਕਿਉਂਕਿ ਉਨ੍ਹਾਂ ਨੇ ਭਾਂਪ ਲਿਆ ਸੀ ਕਿ ਸਮਾਜ ਦੇ ਪਤਨ ਜਾਂ ਅਧਰਮ ਦੇ ਬੋਲਬਾਲੇ ਦਾ ਮੁੱਖ ਕਾਰਨ ਲੋਕਾਂ ਦੀ ਗ਼ੁਲਾਮ ਮਾਨਸਿਕਤਾ ਹੈ। ਉਨ੍ਹਾਂ ਦੁਆਰਾ ਜੰਗਾਂ ਲੜਨ ਦਾ ਮਨੋਰਥ ਲੋਕਾਂ ਨਾਲ ਹੋ ਰਹੇ ਜਬਰ ਜਾਂ ਧੱਕੇਸ਼ਾਹੀ ਨੂੰ ਰੋਕਣਾ ਸੀ। ਧਰਮ ਦੀ ਸਥਾਪਨਾ, ਨੇਕ-ਜਨਾਂ ਦੀ ਰਖਿਆ ਅਤੇ ਦੁਸ਼ਟਾਂ ਦੇ ਨਾਸ਼ ਕਰਨ ਦੇ ਆਪਣੇ ਜੀਵਨ-ਉਦੇਸ਼ ਨੂੰ ਆਪ ‘ਬਚਿਤ੍ਰ ਨਾਟਕ’ ਵਿਚ ਸਪੱਸ਼ਟ ਕਰਦੇ ਹਨ:

ਹਮ ਇਹ ਕਾਜ ਜਗਤ ਮੋ ਆਏ॥
ਧਰਮ ਹੇਤ ਗੁਰਦੇਵ ਪਠਾਏ॥
ਜਹਾਂ ਤਹਾਂ ਤੁਮ ਧਰਮ ਬਿਥਾਰੋ॥
ਦੁਸਟ ਦੋਖੀਅਨਿ ਪਕਰਿ ਪਛਾਰੋ॥42॥…

ਧਰਮ ਚਲਾਵਨ ਸੰਤ ਉਬਾਰਨ॥
ਦੁਸਟ ਸਭਨ ਕੋ ਮੂਲ ਉਪਾਰਨ॥43॥

ਦਸਮੇਸ਼ ਪਿਤਾ ਜੀ ਨੇ ਅਖੌਤੀ ਧਾਰਮਿਕ ਲੋਕਾਂ ਵੱਲੋਂ ਕੀਤੇ ਜਾ ਰਹੇ ਪਾਖੰਡਾਂ ਦਾ ਖ਼ੂਬ ਪਾਜ ਉਘੇੜਿਆ। ਆਪਣੀ ਬਾਣੀ ਵਿਚ ਉਨ੍ਹਾਂ ਨੇ ਇਨ੍ਹਾਂ ਪਾਖੰਡਾਂ ਅਤੇ ਕਰਮਕਾਂਡਾਂ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਸੱਚੇ-ਸੁੱਚੇ ਜੀਵਨ ਦੇ ਧਾਰਨੀ ਹੋਣ ਲਈ ਪ੍ਰੇਰਿਆ। ਆਪ ਜੀ ਆਪਣੀ ਬਾਣੀ ਵਿਚ ਦੱਸਦੇ ਹਨ ਕਿ ਮੂਰਤੀ-ਪੂਜਾ, ਬੁੱਤ-ਪੂਜਾ, ਤੀਰਥ ਯਾਤਰਾ ਜਾਂ ਬਗੁਲ ਸਮਾਧੀਆਂ ਨਾਲ ਅਕਾਲ ਪੁਰਖ ਦੀ ਭਗਤੀ ਨਹੀਂ ਹੋ ਸਕਦੀ। ਕਹਿਣ ਤੋਂ ਭਾਵ ਗੁਰੂ ਜੀ ਨੇ ਪ੍ਰਚੱਲਤ ਅਖੌਤੀ ਧਾਰਮਿਕ ਵਿਸ਼ਵਾਸਾਂ ਦਾ ਖੰਡਨ ਬੇਖ਼ੌਫ ਹੋ ਕੇ ਕੀਤਾ ਅਤੇ ਲੋਕਾਂ ਨੂੰ ‘ਸੱਚ’ ਮਾਰਗ ਦੇ ਧਾਰਨੀ ਹੋਣ ਲਈ ਪ੍ਰੇਰਿਆ:

ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ॥
ਨ੍ਹਾਤ ਫਿਰਿਓ ਲੀਏ ਸਾਤ ਸਮੁਦ੍ਰਨਿ ਲੋਕ ਗਯੋ ਪਰਲੋਕ ਗਵਾਇਓ॥
ਬਾਸ ਕੀਓ ਬਿਖਿਆਨ ਸੋਂ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ॥9॥

ਅਜੋਕੀ ਦੁਨੀਆਂ ਮਨੁੱਖੀ ਅਧਿਕਾਰਾਂ ਅਤੇ ਮਨੁੱਖੀ ਸਤਿਕਾਰ ਦੀ ਬਹਾਲੀ ਲਈ ਤਰਲੇ ਲੈ ਰਹੀ ਹੈ। ਪਰ ਧੰਨ ਹਨ ਗੁਰੂ ਗੋਬਿੰਦ ਸਿੰਘ ਜੀ ਜਿਨ੍ਹਾਂ ਨੇ ਅੱਜ ਤੋਂ ਤਿੰਨ ਸਦੀਆਂ ਪਹਿਲਾਂ ਇਹ ਐਲਾਨ ਕਰ ਦਿੱਤਾ ਕਿ ਸਮੁੱਚੀ ਮਨੁੱਖਤਾ ਵਿਚ ਇਕ ਅਕਾਲ ਪੁਰਖ ਦੀ ਜੋਤ ਕੰਮ ਕਰ ਰਹੀ ਹੈ; ਸਾਰੇ ਇੱਕੋ ਮਿੱਟੀ ਦੇ ਬਣੇ ਹੋਏ ਹਨ, ਇਸ ਲਈ ਹਿੰਦੂ, ਮੁਸਲਮਾਨ, ਜੋਗੀ ਆਦਿ ਫਿਰਕੂ ਵੰਡੀਆਂ ਦੇ ਆਧਾਰ ‘ਤੇ ਮਨੁੱਖਤਾ ਨੂੰ ਵੰਡਣਾ ਜਾਇਜ਼ ਨਹੀਂ। ਇਸ ਲਈ ਉਸੇ ਇੱਕ ਨੂੰ ਮੰਨਦਿਆਂ ਹੋਇਆਂ ਸਭ ਨੂੰ ਉਸੇ ਦਾ ਸਰੂਪ ਸਮਝਣਾ ਚਾਹੀਦਾ ਹੈ:

ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ ਕੋਊ ਬ੍ਰਹਮਚਾਰੀ ਕੋਊ ਜਤੀ ਅਨੁਮਾਨਬੋ॥
ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ
ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ॥…॥15॥85॥

ਸਭ ਤੋਂ ਇਨਕਲਾਬੀ ਗੱਲ ਗੁਰੂ ਸਾਹਿਬ ਨੇ ਇਹ ਕੀਤੀ ਕਿ ਉਨ੍ਹਾਂ ਦੱਬੇ- ਕੁਚਲੇ, ਲਿਤਾੜੇ ਹੋਏ ਲੋਕਾਂ, ਗਰੀਬ ਕਿਰਤੀਆਂ ਤੇ ਨਿਤਾਣਿਆਂ ਨੂੰ ਗਲ਼ ਨਾਲ ਲਾਇਆ। ਸਦੀਆਂ ਤੋਂ ਗ਼ੁਲਾਮੀ ਅਤੇ ਜਹਾਲਤ ਦੀ ਜ਼ਿੰਦਗੀ ਜੀਅ ਰਹੇ ਲੋਕਾਂ ਵਿਚ ਅਣਖ ਅਤੇ ਸਵੈਮਾਨ ਦੀ ਭਾਵਨਾ ਨੂੰ ਜਗਾ ਦਿੱਤਾ। ਇਹੀ ਲੋਕ ਗੁਰੂ-ਕਿਰਪਾ ਦੇ ਪਾਤਰ ਬਣ ਕੇ ਖਾਲਸਾ ਸਜੇ ਅਤੇ ਗੁਰੂ-ਨਜ਼ਰਾਂ ਵਿਚ ਪ੍ਰਵਾਨ ਚੜ੍ਹੇ। ਗੁਰੂ ਜੀ ਇਨ੍ਹਾਂ ਦੇ ਕਿਰਦਾਰ ‘ਤੇ ਤਸੱਲੀ ਪ੍ਰਗਟ ਕਰਦੇ ਕਹਿੰਦੇ ਹਨ:

ਇਨ ਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ
ਨਹੀਂ ਮੋ ਸੇ ਗਰੀਬ ਕਰੋਰ ਪਰੇ॥52॥ (ਅਸਫੋਟਕ ਕਬਿੱਤ ਸਵੈਯਾ)

ਦੁਨੀਆਂ ਦੇ ਹੋਰਨਾਂ ਧਾਰਮਿਕ ਰਹਿਬਰਾਂ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਆਪ ਨੂੰ ਪਰਮਾਤਮਾ ਨਹੀਂ ਅਖਵਾਇਆ, ਆਪਣਾ ਨਾਮ ਨਹੀਂ ਜਪਾਇਆ ਅਤੇ ਨਾ ਹੀ ਆਪਣੇ ਨਾਮ ਦਾ ਧਰਮ ਚਲਾਇਆ। ਆਪਣੇ ਆਪ ਨੂੰ ਅਕਾਲ ਪੁਰਖ, ਵਾਹਿਗੁਰੂ ਦਾ ਦਾਸ, ਸੇਵਕ ਦੱਸਦਿਆਂ, ਉਨ੍ਹਾਂ ਬੜੀ ਸਖ਼ਤ ਹਦਾਇਤ ਕੀਤੀ ਕਿ ਮੈਨੂੰ ਪਰਮਾਤਮਾ ਨਹੀਂ ਸਮਝਣਾ:

ਜੋ ਹਮ ਕੋ ਪਰਮੇਸਰ ਉਚਰਿਹੈਂ॥
ਤੇ ਸਭ ਨਰਕ ਕੁੰਡ ਮਹਿ ਪਰਿਹੈਂ॥
ਮੋ ਕੌ ਦਾਸ ਤਵਨ ਕਾ ਜਾਨੋ॥
ਯਾ ਮੈ ਭੇਦ ਨ ਰੰਚ ਪਛਾਨੋ॥32॥

ਇਸ ਤਰ੍ਹਾਂ ਗੁਰੂ ਗੋਬਿੰਦ ਸਿੰਘ ਜੀ ਸੰਸਾਰ ਦੇ ਇਤਿਹਾਸ ਵਿਚ ਇਕ ਇਨਕਲਾਬੀ ਰਹਿਬਰ ਹੋਏ ਹਨ, ਜਿਨ੍ਹਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਇਨਕਲਾਬੀ ਤਬਦੀਲੀ ਲਿਆਂਦੀ। ਅਜੋਕੇ ਦੇਹਧਾਰੀ ਗੁਰੂਆਂ, ਅਖੌਤੀ ਸਾਧਾਂ-ਸੰਤਾਂ ਅਤੇ ਮਹਾਤਮਾਵਾਂ ਨੂੰ ਦਸਮੇਸ਼ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਭੇਖ ਤੇ ਅਡੰਬਰ ਦਾ ਤਿਆਗ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਅੰਧ-ਵਿਸ਼ਵਾਸਾਂ, ਵਹਿਮਾਂ-ਭਰਮਾਂ, ਕਰਮਕਾਂਡਾਂ ਦੇ ਭੰਬਲਭੂਸੇ ਵਿਚ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਆਉ! ਅਸੀਂ ਵੀ ਦਸਮੇਸ਼ ਪਿਤਾ ਜੀ ਦੇ ਦਰਸਾਏ ਗਾਡੀ-ਰਾਹ ‘ਤੇ ਚੱਲਣ ਦਾ ਦ੍ਰਿੜ੍ਹਤਾ ਸਹਿਤ ਪ੍ਰਣ ਕਰੀਏ!

ਬੁੱਕਮਾਰਕ ਕਰੋ (0)

No account yet? Register

ਲੇਖਕ ਬਾਰੇ

ਐੱਚ.ਆਈ.ਜੀ.- 725, ਫੇਜ਼-I, ਅਰਬਨ ਅਸਟੇਟ, ਪਟਿਆਲਾ

ਬੁੱਕਮਾਰਕ ਕਰੋ (0)

No account yet? Register

ਬੇਨਤੀ

ਲਗਦਾ ਹੈ ਕਿ ਤੁਹਾਨੂੰ ਇਹ ਲੇਖ ਪਸੰਦ ਹੈ।

ਸਿਖ ਆਰਕਾਇਵਜ਼ ਤੇ ਹਜ਼ਾਰਾਂ ਹੀ ਲੇਖ ਹਨ। ਕੀ ਤੁਸੀਂ ਜਾਣਦੇ ਹੋ ਕਿ ਆਪਣੀ ਪਸੰਦ ਦੇ ਲੇਖ ਕਿਸੇ ਹੋਰ ਨਾਲ ਸ਼ੇਅਰ ਜਾਂ ਬੁਕਮਾਰਕ ਕਰਕੇ ਦੁਬਾਰਾ ਪੜੵ ਸਕਦੇ ਹੋ?

ਧੰਨਵਾਦ

ਪਾਠਕਾਂ ਵਾਸਤੇ ਅਨੇਕ ਸਹੂਲਤਾਂ ਲਈ ਮੈਂਬਰ ਬਣੋ(ਮੁਫ਼ਤ)