ਸਿੱਖ ਰਵਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਇਸ ਧਰਤੀ ’ਤੇ 15 ਅਪ੍ਰੈਲ ਸੰਨ 1469 ਈ. ਨੂੰ ਹੋਇਆ ਮੰਨਿਆ ਜਾਂਦਾ ਹੈ। ਜਿਸ ਧਰਤੀ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ ਉਸ ਦਾ ਨਾਮ ਰਾਇਭੋਇ ਦੀ ਤਲਵੰਡੀ ਹੈ। ਤਲਵੰਡੀ ਦਾ ਚੌਧਰੀ ਰਾਇ ਬੁਲਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਨਿੰਨ ਸੇਵਕ ਹੋਇਆ ਹੈ। ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਧਰਤੀ ’ਤੇ ਹੋਣ ਤੋਂ ਪਹਿਲਾਂ ਰਾਇ ਬੁਲਾਰ ਉਸੇ ਰਾਤ ਨੂੰ ਇਕ ਸੁਪਨਾ ਦੇਖਦਾ ਹੈ, ਜਿਸ ਨੂੰ ਨਨਕਾਇਣ ਦਾ ਕਰਤਾ ਬਹੁਤ ਸੁੰਦਰ ਸ਼ਬਦਾਂ ਵਿਚ ਅੰਕਿਤ ਕਰਦਾ ਹੈ-
ਉੱਚੀ ਮਾੜੀ ਆਪਣੀ ਸੁੱਤਾ ਰਾਇ ਬੁਲਾਰ।
ਅੱਲ੍ਹਾ ਅਕਬਰ ਆਖ ਕੇ ਬਰੜਾਇਆ ਤ੍ਰੈ ਵਾਰ।
ਬੇਗ਼ਮ ਝੂਟ ਜਗਾਇਆ ਪੁੱਛਿਆ ਨਾਲ ਪਿਆਰ।
ਕੀ ਤਕਦਾ ਹਾਂ ਖ਼ਾਬ ਵਿਚ ਬੋਲਿਆ ਤੇ ਵਿਚਕਾਰ।
ਅਸਮਾਨਾਂ ਤੋਂ ਟੁੱਟ ਕੇ ਤਾਰਾ ਇਕ ਬਲਕਾਰ।
ਤਲਵੰਡੀ ’ਤੇ ਡਿਗਿਆ ਚਮਕ ਅਜਾਇਬ ਮਾਰ।
ਵਗ ਪਿਆ ਵਿਚ ਬਾਰ ਦੇ ਨੂਰਾਂ ਦਾ ਦਰਿਆ।
ਰੁੜ੍ਹਿਆ ਜਾਵਾਂ ਉਸ ਵਿਚ ਕੰਢਾ ਹੱਥ ਨਾ ਆਵੇ।
ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ ਤਾਂ ਇਹੀ ਪ੍ਰਕਾਸ਼-ਰੂਪੀ ਤਾਰਾ ਪਿਤਾ ਕਾਲੂ ਜੀ ਅਤੇ ਮਾਤਾ ਤ੍ਰਿਪਤਾ ਜੀ ਦੀ ਗੋਦ ਵਿਚ ਚਮਕਣ ਲੱਗ ਪਿਆ। ਇਸੀ ਤਾਰੇ ਨੂੰ ਗੁਰਬਾਣੀ ਵਿਚ ‘ਚਰਾਗੁ’ ਕਿਹਾ ਗਿਆ ਹੈ। ਇਸ ਚਿਰਾਗ ਸਦਕੇ ਹੀ ਅੰਧਕਾਰ ਵਿਚ ਪ੍ਰਕਾਸ਼ ਹੋਇਆ। ਕਲਯੁੱਗ ਵਿਚ ਨਾਮ ਧਰਮ ਦੀ ਚਰਚਾ ਚੱਲੀ। ਸਾਰੇ ਭਵਨਾਂ ਵਿਚ ਪਾਰਬ੍ਰਹਮ ਦਾ ਰੂਪ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰੁਸ਼ਨਾਈ ਫੈਲ ਗਈ:
ਬਲਿਓ ਚਰਾਗੁ ਅੰਧ੍ਹਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ॥
ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ॥ (ਪੰਨਾ 1387)
ਭਾਈ ਗੁਰਦਾਸ ਜੀ ਨੇ ਇਸ ਪ੍ਰਕਾਸ਼ ਨੂੰ ਆਪਣੇ ਸ਼ਬਦਾਂ ਵਿਚ ਸੂਰਜ ਕਿਹਾ, ਕਿਉਂਕਿ ਸੂਰਜ ਦਾ ਪ੍ਰਕਾਸ਼ ਐਸਾ ਹੁੰਦਾ ਹੈ ਜਿਸ ਨਾਲ ਹਰ ਇਕ ਕੋਨੇ ਵਿਚ ਪਸਰਿਆ ਹੋਇਆ ਹਨੇਰਾ ਖੰਭ ਲਾ ਕੇ ਉੱਡ ਜਾਂਦਾ ਹੈ। ਸੂਰਜ ਦੇ ਤੇਜ਼ ਪ੍ਰਕਾਸ਼ ਨਾਲ ਹਰ ਤਰਫ਼ ਫੈਲੀ ਹੋਈ ਧੁੰਧ ਵੀ ਮਿਟ ਜਾਂਦੀ ਹੈ:
ਸਤਿਗੁਰੁ ਨਾਨਕੁ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।
ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ। (ਵਾਰ 1;27)
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਹੋਣ ਨਾਲ ਧਰਤੀ ’ਤੇ ਗਿਆਨ ਦਾ ਪ੍ਰਕਾਸ਼ ਹੋ ਗਿਆ, ਅਗਿਆਨਤਾ ਦੀ ਧੁੰਧ ਦਾ ਪਸਾਰਾ ਵੀ ਖ਼ਤਮ ਹੋਣ ਲੱਗਾ। ਇਸ ਧਰਤੀ ਤੋਂ ਨਵੇਂ ਰਾਗ ਬੋਧ ਸੰਗੀਤ ਦੇ ਵਾਜੇ ਵੱਜਣ ਲੱਗੇ। ਜੋਗੀ-ਜੰਗਮ, ਇੰਦ੍ਰ, ਭਗਤ ਪ੍ਰਹਿਲਾਦ, ਬ੍ਰਹਮਾ ਦੇ ਪੁੱਤਰ ਸਨਕ, ਸਨੰਦਨ, ਸਨਤ ਕੁਮਾਰ, ਸਨਾਤਨ ਆਦਿ ਸਭ ਗਾਉਣ ਲੱਗੇ:
ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ॥
ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ॥
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ॥ (ਪੰਨਾ 1389)
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸਮੇਂ ਸੰਸਾਰ ਅੰਦਰ ਖਾਸ ਤੌਰ ’ਤੇ ਭਾਰਤ ਵਰਸ਼ ਦੀ ਅੰਦਰੂਨੀ ਹਾਲਤ ਮੰਦਭਾਗੀ ਸੀ। ਕਿਸੇ ਵੀ ਦੇਸ਼ ਦੀ ਖੁਸ਼ਹਾਲੀ ਦਾ ਅੰਦਾਜ਼ਾ ਉਥੋਂ ਦੀ ਰਾਜਨੀਤਿਕ, ਆਰਥਿਕ, ਸਮਾਜਿਕ ਅਤੇ ਧਾਰਮਿਕ ਹਾਲਤ ਤੋਂ ਲਾਇਆ ਜਾਂਦਾ ਹੈ। ਭਾਰਤ ਇਨ੍ਹਾਂ ਚਾਰੇ ਪ੍ਰਸਥਿਤੀਆਂ ਵਿਚ ਆਪਣੇ ਅਸਲੀ ਵਜੂਦ ਨੂੰ ਖੋਹ ਚੁੱਕਾ ਸੀ। ਧਰਮ ਦੇ ਆਗੂ ਆਪਣਾ ਧੀਰਜ ਖੋਹ ਚੁੱਕੇ ਸਨ। ਕਾਜ਼ੀ, ਬ੍ਰਾਹਮਣ ਅਤੇ ਜੋਗੀ ਤਿੰਨੇ ਹੀ ਲੋਕਾਈ ਨੂੰ ਕੁਰਾਹੇ ਪਾ ਰਹੇ ਸਨ। ਇਸ ਲਈ ਇਨ੍ਹਾਂ ਤਿੰਨਾਂ ਨੂੰ ਗੁਰੂ ਜੀ ਨੇ ਕਰੜੇ ਸ਼ਬਦਾਂ ਰਾਹੀਂ ਨਿੰਦਿਆ ਹੈ:
ਕਾਦੀ ਕੂੜੁ ਬੋਲਿ ਮਲੁ ਖਾਇ॥
ਬ੍ਰਾਹਮਣੁ ਨਾਵੈ ਜੀਆ ਘਾਇ॥
ਜੋਗੀ ਜੁਗਤਿ ਨ ਜਾਣੈ ਅੰਧੁ॥
ਤੀਨੇ ਓਜਾੜੇ ਕਾ ਬੰਧੁ॥ (ਪੰਨਾ 662)
ਧਰਮ ਦਾ ਵਿਵਹਾਰ ਵਰਣ-ਵਿਵਸਥਾ ਵਿਚ ਵੰਡਿਆ ਗਿਆ। ਵਰਣ-ਆਸ਼ਰਮ ਵਿਵਸਥਾ ਜਿਸ ਮਨੋਰਥ ਜਾਂ ਆਦਰਸ਼ ਲਈ ਆਰੰਭ ਕੀਤੀ ਗਈ ਸੀ ਉਹ ਵਿਲੀਨ ਹੋ ਗਈ ਸੀ। ਸਮਾਜ ਵਿਚ ਬ੍ਰਾਹਮਣਾਂ ਦਾ ਰੁਤਬਾ ਵਧਦਾ ਗਿਆ ਜਿਸ ਨਾਲ ਨੀਵੀਆਂ ਜਾਤਾਂ ਦਾ ਜੀਵਨ ਨਰਕ ਬਣ ਗਿਆ। ਉਨ੍ਹਾਂ ਦੀ ਹਾਲਤ ਦਿਨ-ਪ੍ਰਤੀ- ਦਿਨ ਨਿਘਰਦੀ ਗਈ। ਉਨ੍ਹਾਂ ਦੇ ਵਿਕਾਸ ਦੇ ਦਰਵਾਜ਼ੇ ਬੰਦ ਹੋ ਗਏ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਰਾਹੀਂ ਜ਼ੋਰਦਾਰ ਸ਼ਬਦਾਂ ਵਿਚ ਬ੍ਰਾਹਮਣਵਾਦ ਨੂੰ ਨਕਾਰ ਕੇ ਨੀਚ ਕਹੇ ਜਾਂਦੇ ਲੋਕਾਂ ਦੀ ਬਾਂਹ ਫੜੀ ਅਤੇ ਫ਼ੁਰਮਾਇਆ:
ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ॥
ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ॥ (ਪੰਨਾ 15)
ਗੁਰੂ ਜੀ ਨੇ ਊਚ-ਨੀਚ ਦਾ ਭੇਦ ਮਿਟਾ ਕੇ ਸਮਾਨਤਾ ਤੇ ਭਰਾਤਰੀ-ਭਾਵ ਦਾ ਪ੍ਰਚਾਰ ਕੀਤਾ। ਇਸ ਤਰ੍ਹਾਂ ਰਸਮਾਂ-ਰਿਵਾਜਾਂ, ਮੂਰਤੀ-ਪੂਜਾ, ਯੱਗਾਂ, ਊਚ-ਨੀਚ ਅਤੇ ਜਾਤ-ਪਾਤ ਦੇ ਵਿਤਕਰੇ, ਕਰਮਕਾਂਡ, ਪੂਜਾ, ਅਨੇਕਾਂ ਵਹਿਮਾਂ-ਭਰਮਾਂ, ਸ਼ੰਕਿਆਂ, ਅੰਧ-ਵਿਸ਼ਵਾਸਾਂ ਅਤੇ ਬਾਹਰੀ ਆਚਾਰਾਂ-ਵਿਹਾਰਾਂ ਨੇ ਇਥੋਂ ਦੇ ਪ੍ਰਚੱਲਤ ਧਰਮ ਨੂੰ ਵਿਕਰਤ ਕਰ ਦਿੱਤਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਦੀ ਇਸ ਵਾਸਤਵਿਕਤਾ ਨੂੰ ਬਾਣੀ ਰਾਹੀਂ ਨਕਾਰਾਤਮਕ ਸਿੱਧ ਕੀਤਾ। ਕਿਸੇ ਸਮੇਂ ਵਿਸ਼ਵ ਨੂੰ ਪ੍ਰਭਾਵਿਤ ਕਰਨ ਵਾਲੇ ਧਰਮ ਦੇ ਦਾਰਸ਼ਨਿਕ ਪ੍ਰਭਾਵ ਸਮੇਂ ਦੇ ਬੀਤਣ ਨਾਲ ਕੁਰੀਤੀਆਂ ਦਾ ਸ਼ਿਕਾਰ ਹੋ ਗਏ ਸਨ। ਪਰਮਾਤਮਾ ਦੇ ਸਰੂਪ ਨੂੰ ਗੁੰਝਲਦਾਰ ਬਣਾ ਦਿੱਤਾ ਗਿਆ ਸੀ। ਪਰਮਾਤਮਾ ਨੂੰ ਮੰਦਰਾਂ ਵਿਚ ਕੈਦ ਕਰ ਦਿੱਤਾ ਗਿਆ ਸੀ। ਹਿੰਦੂਆਂ ਦੇ ਨਾਲ- ਨਾਲ ਬੋਧੀ ਵੀ ਮੂਰਤੀਆਂ ਦੀ ਪੂਜਾ ਕਰਨ ਲੱਗੇ। ਇਕ ਸਮਾਂ ਅਜਿਹਾ ਆਇਆ ਕਿ ਮੂਰਤੀਆਂ ਦੀ ਸੰਖਿਆ ਹਿੰਦੂਆਂ ਨਾਲੋਂ ਵਧ ਗਈ ਸੀ। ਧਾਰਮਿਕ ਹਾਲਤ ਨਿੱਘਰੀ ਹੋਈ ਸੀ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਾਰਮਿਕ ਅਧੋਗਤੀ ਦਾ ਗੰਭੀਰਤਾ ਨਾਲ ਅਧਿਐਨ ਕੀਤਾ ਅਤੇ ਜਗਤ-ਜਲੰਦੇ ਨੂੰ ਠਾਰਣ ਲਈ ਮਾਨਵੀ ਚੇਤਨਾ ਨੂੰ ਜਾਗ੍ਰਿਤ ਕਰਨ ਲਈ ਤਿੰਨ ਉਦਾਸੀਆਂ ਦਾ ਇਕ ਲੰਮਾ ਪ੍ਰੋਗਰਾਮ ਉਲੀਕਿਆ ਤਾਂ ਜੋ ਜ਼ੁਲਮਾਂ ਥੱਲੇ ਦੱਬੀ ਹੋਈ ਮਨੁੱਖਤਾ ਨੂੰ ਸਾਰਥਿਕ ਜੀਵਨ-ਮਾਰਗ ਲਈ ਨਵੀਂ ਸੇਧ ਪ੍ਰਾਪਤ ਹੋ ਸਕੇ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਰੱਬੀ ਏਕਤਾ ਅਤੇ ਮਾਨਵੀ ਚੇਤਨਾ ਨਾਲ ਲੋਕਾਈ ਨੂੰ ਜਾਗ੍ਰਿਤ ਕੀਤਾ।
ਗੁਰੂ ਜੀ ਨੇ ਰਾਜਸੀ ਸਮਾਜਿਕ ਜ਼ਬਰ ਵਿਰੁੱਧ ਜਹਾਦ ਕੀਤਾ। ਰੱਤ ਪੀਣੇ ਰਾਜਿਆਂ ਨੂੰ ਅਤੇ ਉਨ੍ਹਾਂ ਦੇ ਭ੍ਰਿਸ਼ਟ ਕਰਮਚਾਰੀ ਵਰਗ ਦੀ ਕਰੜੇ ਸ਼ਬਦਾਂ ਰਾਹੀਂ ਆਲੋਚਨਾ ਕੀਤੀ:
ਰਾਜੇ ਸੀਹ ਮੁਕਦਮ ਕੁਤੇ॥
ਜਾਇ ਜਗਾਇਨਿ੍ ਬੈਠੇ ਸੁਤੇ॥
ਚਾਕਰ ਨਹਦਾ ਪਾਇਨਿ੍ ਘਾਉ॥
ਰਤੁ ਪਿਤੁ ਕੁਤਿਹੋ ਚਟਿ ਜਾਹੁ॥ (ਪੰਨਾ 1288)
ਉਸ ਸਮੇਂ ਦੀ ਰਾਜਨੀਤੀ ਧਾਰਮਿਕ ਅੰਨ੍ਹੇਪਣ ਦੀ ਦਾਸੀ ਬਣੀ ਹੋਈ ਸੀ। ਮੁਸਲਮਾਨਾਂ ਦਾ ਅਸਲ ਮਨੋਰਥ ਹਿੰਦੁਸਤਾਨ ਵਿਚ ਮੁਸਲਮਾਨੀ ਰਾਜ ਸਥਾਪਿਤ ਕਰਨ ਦੇ ਨਾਲ-ਨਾਲ ਆਪਣੇ ਧਰਮ ਨੂੰ ਵੀ ਸਥਾਪਿਤ ਕਰਨਾ ਸੀ। ਉਹ ‘ਅੱਲ੍ਹਾ ਹੂ’ ਦੀ ਗੂੰਜ ਧਾਰਮਿਕ ਸਥਾਨਾਂ ਵਿਚ ਸੁਣਨਾ ਚਾਹੁੰਦੇ ਸਨ। ਭਾਰਤੀ ਲੋਕਾਂ ਨੂੰ ਜ਼ਬਰਦਸਤੀ ਮੁਸਲਮਾਨ ਬਣਾਇਆ ਜਾਂਦਾ ਸੀ। ਇਕ ਦਿਨ ਵਿਚ ਹੀ ਲੱਖਾਂ ਬੰਦਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਸੀ। ਲੋਕਾਂ ਦੀ ਨਾ ਤਾਂ ਜਾਨ ਸੁਰੱਖਿਅਤ ਸੀ ਅਤੇ ਨਾ ਹੀ ਸੰਪਤੀ। ਮੈਕਾਲਿਫ਼ ਨੇ ਲਿਖਿਆ ਹੈ ਕਿ ਫਿਰੋਜ਼ ਤੁਗ਼ਲਕ ਨੇ ਮਾਲਵਾ ਨਗਰ ਨੂੰ ਦੋ ਵਾਰੀ ਇਸ ਤਰ੍ਹਾਂ ਲੁੱਟਿਆ ਕਿ ਸ਼ਹਿਰ ਵਿਚ ਮਿੱਟੀ ਤੋਂ ਇਲਾਵਾ ਕੁਝ ਨਜ਼ਰ ਨਹੀਂ ਸੀ ਆਉਂਦਾ। ਭਾਰਤੀਆਂ ਨੂੰ ਉੱਚ ਅਹੁਦਿਆਂ ਤੋਂ ਵਾਂਝੇ ਰੱਖਿਆ ਜਾਂਦਾ ਸੀ। ਬਹੁਤ ਭੇਦ-ਭਾਵ ਕੀਤਾ ਜਾਂਦਾ ਸੀ। ਲੱਖਾਂ ਦੀ ਗਿਣਤੀ ਵਿਚ ਲੋਕਾਂ ਨੂੰ ਮੁਸਲਮਾਨ ਬਣਾਇਆ ਜਾਂਦਾ ਸੀ। ਜਨਤਾ ਬੇਚੈਨ ਹਿਰਦੇ ਨਾਲ ਅਸਲੀ ਸ਼ਾਂਤੀ ਨੂੰ ਲੱਭਣ ਦੀ ਤਲਾਸ਼ ਵਿਚ ਸੀ। ਭਾਰਤੀ ਜਨਤਾ ਦੀ ਦਰਦਨਾਕ ਹਾਲਤ ਨੂੰ ਤੱਕਦੇ ਹੋਏ ਆਪ ਜੀ ਨੇ ਮੋਦੀਖਾਨੇ ਦੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ। ਭਾਈ ਮਰਦਾਨਾ ਜੀ ਨੂੰ ਨਾਲ ਲੈ ਕੇ ਦੀਨ-ਦੁਖੀਆਂ ਦੀ ਸਹਾਇਤਾ ਲਈ ਇਕ ਲੰਮੇਰੀ ਸੰਸਾਰ-ਯਾਤਰਾ ਲਈ ਕਮਰਕੱਸੇ ਕਰ ਕੇ ਸੰਸਾਰ-ਯਾਤਰਾ ਆਰੰਭੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਦੈਵੀ ਸੰਦੇਸ਼ ਨੂੰ ਸਮਸਤ ਲੋਕਾਈ ਵਿਚ ਪ੍ਰਚਾਰਨ ਹਿਤ ਸੰਸਾਰ-ਯਾਤਰਾ ਆਰੰਭ ਕੀਤੀ, ਜਿਸ ਬਾਰੇ ਭਾਈ ਗੁਰਦਾਸ ਜੀ ਦਾ ਕਥਨ ਹੈ:
ਬਾਬੇ ਭੇਖ ਬਣਾਇਆ ਉਦਾਸੀ ਕੀ ਰੀਤਿ ਚਲਾਈ।
ਚੜ੍ਹਿਆ ਸੋਧਣਿ ਧਰਤਿ ਲੁਕਾਈ॥ (ਵਾਰ 1;24)
ਗੁਰੂ ਜੀ ਵਿਸ਼ਾਲ ਭਾਰਤ ਦੇ ਹਰ ਕੋਨੇ ’ਤੇ ਪਹੁੰਚੇ। ਉਨ੍ਹਾਂ ਮੱਧ ਪੂਰਬ ਵਿਚ ਸਥਿਤ ਇਸਲਾਮੀ ਦੇਸ਼ਾਂ ਦੇ ਲੱਗਭਗ ਸਾਰੇ ਧਰਮ ਕੇਂਦਰਾਂ ਉੱਤੇ ਜਾ ਕੇ ਵਿਵਿਧ ਪ੍ਰਕਾਰ ਦੀਆਂ ਭਾਰਤੀ ਤੇ ਸ਼ਾਮੀ ਧਰਮੀ ਪਰੰਪਰਾਵਾਂ ਨੂੰ ਨੇੜੇ ਹੋ ਕੇ ਵੇਖਿਆ। ਉਨ੍ਹਾਂ ਨੇ ਦਾਰਸ਼ਨਿਕ ਆਧਾਰਾਂ ਤੇ ਅਭਿਆਸ ਪ੍ਰਣਾਲੀਆਂ ਦਾ ਅਧਿਐਨ ਕੀਤਾ ਅਤੇ ਅਗਿਆਨ-ਗ੍ਰਸਤ ਲੋਕਾਂ ਨੂੰ ਕਿਰਿਆਚਾਰੀ ਖੰਡ ਅਤੇ ਰਿੱਧੀਆਂ-ਸਿੱਧੀਆਂ ਅਥਵਾ ਕਰਮਕਾਂਡਾਂ, ਕਰਾਮਾਤਾਂ ਆਦਿ ਦੀ ਨਿਰਾਰਥਕਤਾ ਦੱਸ ਕੇ ਇਨ੍ਹਾਂ ਨੂੰ ਤਿਆਗਣ ਅਤੇ ਇਕ ਅਕਾਲ ਪੁਰਖ ਦੀ ਓਟ ਵਿਚ ਸੰਜਮਮਈ ਜੀਵਨ ਬਿਤਾਉਣ ਦੀ ਪ੍ਰੇਰਨਾ ਦਿੱਤੀ। ਆਪ ਜੀ ਦੀ ਲੋਕ ਉਧਾਰਣ ਦੀ ਜੁਗਤੀ ਇਹ ਸੀ ਕਿ ਆਪ ਕਿਸੇ ਧਰਮ ਉਤਸਵ ’ਤੇ ਇਕੱਤਰ ਹੋਏ ਲੋਕਾਂ ਵਿਚ ਜਾ ਕੇ ਅਨੋਖੇ ਨਾਟਕੀ ਅੰਦਾਜ਼ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਅਤੇ ਉਨ੍ਹਾਂ ਦੇ ਫੋਕਟ ਕਰਮਾਂ ਦਾ ਖੰਡਨ ਕਰ ਕੇ ਉਨ੍ਹਾਂ ਨੂੰ ਸਤਿ ਵਿਵਹਾਰ ਕਰਨ ਦੀ ਸਿੱਖਿਆ-ਦੀਖਿਆ ਦੇਂਦੇ। ਅਨੇਕਾਂ ਹੀ ਉਦਾਹਰਣਾਂ ਆਪ ਜੀ ਦੇ ਜੀਵਨ ਵਿੱਚੋਂ ਮਿਲਦੀਆਂ ਹਨ। ਹਰਿਦੁਆਰ ਵਿਖੇ ਸੂਰਜ ਨੂੰ ਪਾਣੀ ਦੇਣ ਦੀ ਬਜਾਇ ਆਪ ਜੀ ਨੇ ਇਸ ਕਰਮ ਦੀ ਨਿਰਾਰਥਕਤਾ ਦਰਸਾਉਣ ਲਈ ਪੱਛਮ ਵੱਲ ਆਪਣੇ ਖੇਤਾਂ ਨੂੰ ਪਾਣੀ ਦੇਣਾ ਸ਼ੁਰੂ ਕੀਤਾ। ਲੋਕਾਈ ਦੇ ਇਸ ਭਰਮ ਨੂੰ ਰਹੱਸਮਈ ਢੰਗ ਨਾਲ ਖੰਡਨ ਕਰ ਕੇ ਗੁਰੂ ਜੀ ਨੇ ਲੋਕਾਂ ਨੂੰ ਵੀ ਪਰਮਾਤਮਾ ਦੇ ਰਾਹੇ ਤੋਰਿਆ।
ਇਨ੍ਹਾਂ ਉਦਾਸੀਆਂ ਵਿੱਚੋਂ ਪਹਿਲੀ ਉਦਾਸੀ ਬਹੁਤ ਲੰਮੇਰੀ ਸੀ। ਪ੍ਰੋ. ਸ਼ਾਹਿਬ ਸਿੰਘ ਜੀ ਅਨੁਸਾਰ ਭਾਦਰੋਂ ਸੰਮਤ 1564 ਤੋਂ 1572 (8 ਸਾਲ) ਸੰਨ 1507 ਤੋਂ 1515 ਈ. ਤਕ ਦੀ ਇਹ ਯਾਤਰਾ ਸੀ। ਇਸ ਯਾਤਰਾ ਦੌਰਾਨ ਆਪ ਜੀ ਨੇ ਛੇ-ਸੱਤ ਹਜ਼ਾਰ ਮੀਲ ਦਾ ਸਫ਼ਰ ਕੀਤਾ। ਇਸ ਉਦਾਸੀ ਵਿਚ ਆਪ ਜੀ ਨੇ ਪ੍ਰਸਿੱਧ ਹਿੰਦੂ ਤੀਰਥਾਂ ਹਰਿਦੁਆਰ, ਗੋਰਖ ਮਤਾ, ਅਯੁੱਧਿਆ, ਪ੍ਰਯਾਗ, ਬਨਾਰਸ, ਗਯਾ, ਜਗਨਨਾਥਪੁਰੀ, ਮਦੁਰਾਈ, ਰਾਮੇਸ਼੍ਵਰਮ, ਸੋਮਨਾਥ, ਦਵਾਰਕਾ, ਪੁਸ਼ਕਰ, ਮਥਰਾ, ਬਿੰਦਰਾਬਨ ਅਤੇ ਕੁਰੂਕਸ਼ੇਤਰ ਆਦਿ ਤੋਂ ਇਲਾਵਾ ਸਿੰਗਲਾ ਦੀਪ, ਸਿੱਕਮ, ਆਸਾਮ, ਬੰਗਾਲ, ਉੜੀਸਾ, ਦਰਾਵੜ ਦੇਸ਼ ਬੰਬਈ, ਔਰੰਗਾਬਾਦ, ਉਜੈਨ, ਕੱਛ, ਅਜਮੇਰ ਆਦਿ ਸਥਾਨਾਂ ਦੀ ਯਾਤਰਾ ਕੀਤੀ। ਇਸ ਉਦਾਸੀ ਦੌਰਾਨ ਹੀ ਸਤਿਗੁਰੂ ਜੀ ਨੇ ਆਪਣੇ ਅਧਿਆਤਮਕ ਅਨੁਭਵਾਂ ਨੂੰ ਇਕ ਸੁਨਿਸ਼ਚਿਤ ਤੇ ਵਿਧੀਵਤ ਜੀਵਨ- ਦਰਸ਼ਨ ਦਾ ਰੂਪ ਦਿੱਤਾ ਅਤੇ ਇਸ ਦੇ ਪ੍ਰਚਾਰ ਲਈ ਕੇਂਦਰ ਸਥਾਪਤ ਕਰਨ ਦੀ ਯੋਜਨਾ ਬਣਾਈ। ਇਸ ਉਦਾਸੀ ਤੋਂ ਵਾਪਸ ਆ ਕੇ ਆਪ ਜੀ ਆਪਣੇ ਕੁਝ ਕੁ ਪ੍ਰਮੁੱਖ ਸਿੱਖ ਸ਼ਰਧਾਲੂਆਂ ਦੀ ਸਹਾਇਤਾ ਨਾਲ ਗੁਰਦਾਸਪੁਰ ਜ਼ਿਲ੍ਹੇ ਵਿਚ ਰਾਵੀ ਦੇ ਕੰਢੇ ’ਤੇ ਇਕ ਨਵਾਂ ਪਿੰਡ ਕਰਤਾਰਪੁਰ ਵਸਾਇਆ। ਜਦੋਂ ਇਥੇ ਇਕ ਛੋਟੀ ਜਿਹੀ ਧਰਮਸ਼ਾਲ ਬਣ ਗਈ ਤਾਂ ਆਪ ਜੀ ਦੇ ਮਾਤਾ-ਪਿਤਾ ਵੀ ਇਥੇ ਹੀ ਆ ਗਏ। ਭਾਈ ਮਰਦਾਨਾ ਜੀ ਦਾ ਪਰਵਾਰ ਵੀ ਇਥੇ ਹੀ ਆ ਵੱਸਿਆ। ਕੁਝ ਚਿਰ ਸਤਿਗੁਰੂ ਜੀ ਨਗਰ ਵਸਾਉਣ ਦੇ ਆਹਰ ਵਿਚ ਰੁੱਝੇ ਰਹੇ ਪਰੰਤੂ ਛੇਤੀ ਹੀ ਦੂਜੀ ਉਦਾਸੀ ਲਈ ਚੱਲ ਪਏ। ਦੂਜੀ ਉਦਾਸੀ ਦੋ-ਤਿੰਨ ਕੁ ਸਾਲਾਂ ਦੀ ਸੀ। ਪ੍ਰੋ. ਸਾਹਿਬ ਸਿੰਘ ਅਨੁਸਾਰ ਇਹ ਉਦਾਸੀ ਸੰਨ 1517 ਤੋਂ 1518 ਤਕ ਦੀ ਸੀ। ਇਸ ਉਦਾਸੀ ਦੌਰਾਨ ਗੁਰਦੇਵ ਨੇ ਜੰਮੂ ਤੇ ਕਸ਼ਮੀਰ ਦੀ ਯਾਤਰਾ ਕੀਤੀ। ਆਪ ਗਿਆਨ ਕੋਟ ਅਤੇ ਜੰਮੂ ਤੋਂ ਹੁੰਦੇ ਹੋਏ ਪਹਿਲਾਂ ਵੈਸ਼ਨੋ ਦੇਵੀ ਗਏ, ਫਿਰ ਮਟਨ ਵਿਚ ਅਮਰਨਾਥ ਤੇ ਉਸ ਤੋਂ ਵੀ ਪਰ੍ਹੇ ਬਰਫ਼ਾਂ ਲੱਦੀ ਪਰਬਤ ਮਾਲਾ ਉੱਤੇ, ਜਿਥੇ ਕੁਝ ਸਿੱਧਾਂ ਨਾਲ ਆਪ ਜੀ ਦਾ ਸੰਵਾਦ ਹੋਇਆ। ਭਾਈ ਗੁਰਦਾਸ ਜੀ ਦਾ ਕਥਨ ਹੈ:
ਫਿਰਿ ਜਾਇ ਚੜ੍ਹਿਆ ਸੁਮੇਰ ਪਰਿ ਸਿਧਿ ਮੰਡਲੀ ਦ੍ਰਿਸਟਿ ਆਈ। (ਵਾਰ 1;28)
ਸਬਦਿ ਜਿਤੀ ਸਿਧਿ ਮੰਡਲੀ…। (ਵਾਰ 1;31)
ਤੀਜੀ ਉਦਾਸੀ (ਸੰਨ 1518 ਤੋਂ 1521) ਤਕ ਹੈ, ਆਪ ਜੀ ਕਰਤਾਰਪੁਰ ਤੋਂ ਪੱਛਮ (ਮੱਧ ਪੂਰਬ) ਦੇ ਦੇਸ਼ਾਂ ਦੀ ਯਾਤਰਾ ਲਈ ਚੱਲੇ। ਭਾਈ ਗੁਰਦਾਸ ਜੀ ਦੇ ਕਥਨ ਅਨੁਸਾਰ:
ਬਾਬਾ ਫਿਰਿ ਮੱਕੇ ਗਇਆ ਨੀਲ ਬਸਤ੍ਰ ਧਾਰੇ ਬਨਵਾਰੀ। (ਵਾਰ 1;32)
ਓਪਰੀਆਂ ਧਰਤੀਆਂ ਓਪਰੇ ਲੋਕ ਪਰ ਸਤਿਗੁਰੂ ਜੀ ਨੂੰ ਤਾਂ ਕੁਝ ਵੀ ਓਪਰਾ ਨਹੀਂ ਸੀ ਲੱਗਦਾ। ਸਾਰੇ ਹੀ ਆਪਣੇ ਸਨ। ਇਸ ਵਾਰ ਆਪ ਜੀ ਕਰਤਾਰਪੁਰ ਤੋਂ ਤੁਰੇ ਤਾਂ ਕਸੂਰ, ਪਾਕਪਟਨ, ਤੁਲੰਭਾ, ਮੁਲਤਾਨ, ਬਹਾਵਲਪੁਰ, ਸ਼ੱਖਰ ਆਦਿ ਕਈ ਥਾਵਾਂ ਤੋਂ ਹੁੰਦੇ ਹੋਏ ਮੁਸਲਿਮ ਹਾਜ਼ੀਆਂ ਦੇ ਕਾਫ਼ਿਲੇ ਵਿਚ ਸ਼ਾਮਿਲ ਹੋ ਕੇ ਮਕਰਾਨ ਦੇ ਇਲਾਕੇ ਵਿਚ ਪੁੱਜੇ। ਫਿਰ ਮੱਕੇ ਗਏ। ਮੱਕੇ ਹਾਜ਼ੀਆਂ ਨਾਲ ਗੁਰੂ ਜੀ ਦਾ ਵਿਚਾਰ-ਵਟਾਂਦਰਾ ਹੋਇਆ। ਰੁਕਨਦੀਨ ਨਾਲ ਬਹਿਸ ਹੋਈ। ਉਸ ਨੂੰ ਆਪਣੀ ਖੜਾਂਵ ਨਿਸ਼ਾਨੀ ਦਿੱਤੀ। ਫਿਰ ਮਦੀਨੇ ਗਏ, ਫਿਰ ਬਸਰੇ ਤੇ ਬਸਰੇ ਤੋਂ ਕਰਬਲਾ, ਫਿਰ ਬਗ਼ਦਾਦ। ਇਸ ਦਾ ਵਰਨਣ ਭਾਈ ਗੁਰਦਾਸ ਜੀ ਨੇ ਕੀਤਾ ਹੈ:
ਫਿਰਿ ਬਾਬਾ ਗਇਆ ਬਗਦਾਦਿ ਨੋ ਬਾਹਰਿ ਜਾਇ ਕੀਆ ਅਸਥਾਨਾ।
ਇਕੁ ਬਾਬਾ ਅਕਾਲ ਰੂਪੁ ਦੂਜਾ ਰਬਾਬੀ ਮਰਦਾਨਾ। (ਵਾਰ 1;35)
ਰਾਗ ਨੂੰ ਹਰਾਮ ਸਮਝੇ ਜਾਣ ਵਾਲੇ ਸ਼ਹਿਰ ਵਿਚ ਕੀਰਤਨ, ਸੱਤ ਜ਼ਿਮੀਂ, ਅਸਮਾਨ ਮੰਨਣ ਵਾਲਿਆਂ ਨੂੰ ‘ਪਾਤਾਲਾ ਪਾਤਾਲ, ਲਖ ਆਗਾਸਾ ਆਗਾਸ’ ਦੱਸਦੇ ਹੋਏ ਫਿਰ ਬਗ਼ਦਾਦ ਤੋਂ ਇਸਫਰਾਨ, ਤਹਿਰਾਨ, ਮਸਤੱਕ ਬੁਖ਼ਾਰਾ ਤੇ ਸਮਰਕੰਦ ਹੁੰਦੇ ਹੋਏ ਕਾਬੁਲ ਤੇ ਜਲਾਲਾਬਾਦ ਦੇ ਰਸਤੇ ਰਾਵਲਪਿੰਡੀ ਦੇ ਲਾਗੇ ਹਸਨ ਅਬਦਾਲ ਪੁੱਜੇ। ਫਿਰ ਐਮਨਾਬਾਦ ਤੋਂ ਕਰਤਾਰਪੁਰ। ਇਸ ਉਦਾਸੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੁਸਲਿਮ ਵਿਸ਼ਵਾਸਾਂ, ਰਹੁਰੀਤਾਂ ਤੇ ਧਰਮ-ਗ੍ਰੰਥਾਂ ਦਾ ਡੂੰਘਾ ਅਧਿਐਨ ਕੀਤਾ।
ਐਮਨਾਬਾਦ ਬਾਬਰ ਦਾ ਹਮਲਾ ਹੋਇਆ, ਜਿਸ ਦਾ ਵਰਣਨ ਆਪ ਜੀ ਨੇ ਆਪਣੀ ਬਾਣੀ ਵਿਚ ਕੀਤਾ।
ਆਪਣੇ ਜੀਵਨ ਦੇ ਅੰਤਿਮ ਅੱਠ-ਦਸ ਵਰ੍ਹੇ ਆਪ ਜੀ ਨੇ ਕਰਤਾਰਪੁਰ ਵਿਖੇ ਨਿਵਾਸ ਕੀਤਾ। ਜਿਥੇ ਆਪ ਜੀ ਨਿਤਨੇਮ, ਕਥਾ-ਕੀਰਤਨ ਤੇ ਭਜਨ-ਬੰਦਗੀ ਕਰਦੇ ਅਤੇ ਹਰ ਕਿਸੇ ਨੂੰ ਪ੍ਰਭੂ ਹੁਕਮ ਅਨੁਸਾਰ ਜੀਵਨ ਬਿਤਾਉਣ ਤੇ ਸਤਿਨਾਮ ਦਾ ਅਭਿਆਸ ਕਰਨ ਦੀ ਸਿਖਿਆ ਦੇਂਦੇ। ਭਾਈ ਮਰਦਾਨਾ ਜੀ ਨੇ ਆਪਣੇ ਅੰਤਿਮ ਸਵਾਸ ਆਪ ਜੀ ਦੀ ਗੋਦ ਵਿਚ ਲਏ। ਭਾਈ ਗੁਰਦਾਸ ਜੀ ਕਰਤਾਰਪੁਰ ਦੀ ਧਰਮਸ਼ਾਲਾ ਦਾ ਵਰਣਨ ਕਰਦੇ ਫ਼ੁਰਮਾਉਂਦੇ ਹਨ:
ਗਿਆਨੁ ਗੋਸਟਿ ਚਰਚਾ ਸਦਾ ਅਨਹਦਿ ਸਬਦਿ ਉਠੇ ਧਨੁਕਾਰਾ। (ਵਾਰ 1;38)
ਇਥੇ ਹੀ ਆਪ ਜੀ ਦਾ ਦੀਦਾਰ ਕਰਨ ਭਾਈ ਲਹਿਣਾ ਜੀ ਆਏ। ਦੀਦਾਰ ਐਸਾ ਹੋਇਆ ਕਿ ਜੋਤੀ ਜੋਤਿ ਰਲੀ। ਦੋਵੇਂ ਇਕ ਜੋਤ ਹੋ ਗਏ। ਭਾਈ ਲਹਿਣਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੰਗ ਬਣ ਕੇ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਨਿਬੜੇ। 7 ਸਤੰਬਰ, ਸੰਨ 1539 ਨੂੰ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਆਪਣਾ ਜੋਤਿ ਰੂਪੀ ਨੂਰ ਭਾਈ ਲਹਿਣਾ ਜੀ (ਸ੍ਰੀ ਗੁਰੂ ਅੰਗਦ ਦੇਵ ਜੀ) ਵਿਚ ਟਿਕਾ ਕੇ ਅਕਾਲ ਸਤਿ ਵਿਚ ਸਮਾ ਗਏ:
ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ॥
ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ॥ (ਪੰਨਾ 846)
ਲੇਖਕ ਬਾਰੇ
563-ਸੀ, ਰੇਲ ਕੋਚ ਫੈਕਟਰੀ, ਕਪੂਰਥਲਾ।
- ਡਾ. ਪਰਮਜੀਤ ਸਿੰਘ ਮਾਨਸਾhttps://sikharchives.org/kosh/author/%e0%a8%a1%e0%a8%be-%e0%a8%aa%e0%a8%b0%e0%a8%ae%e0%a8%9c%e0%a9%80%e0%a8%a4-%e0%a8%b8%e0%a8%bf%e0%a9%b0%e0%a8%98-%e0%a8%ae%e0%a8%be%e0%a8%a8%e0%a8%b8%e0%a8%be/November 1, 2008